ਪੈਰਿਸ ਓਲੰਪਿਕ ਦੀ ਤਿਆਰੀ ਲਈ ਅਕਸ਼ਦੀਪ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਵੱਡੀ ਵਿੱਤੀ ਮਦਦ

Saturday, Feb 18, 2023 - 03:34 PM (IST)

ਪੈਰਿਸ ਓਲੰਪਿਕ ਦੀ ਤਿਆਰੀ ਲਈ ਅਕਸ਼ਦੀਪ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਵੱਡੀ ਵਿੱਤੀ ਮਦਦ

ਸਪੋਰਟਸ ਡੈਸਕ- ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੈਰਿਸ ਓਲੰਪਿਕ-2024 ਦੀ ਤਿਆਰੀ ਲਈ ਅਕਸ਼ਦੀਪ ਸਿੰਘ ਨੂੰ 5 ਲੱਖ ਰੁਪਏ ਦਾ ਚੈੱਕ ਸੌਂਪਿਆ ਹੈ। ਮੀਤ ਹੇਅਰ ਨੇ ਚੰਡੀਗੜ੍ਹ ਵਿੱਚ ਆਪਣੀ ਰਿਹਾਇਸ਼ ਉੱਤੇ ਅਕਾਸ਼ਦੀਪ ਸਿੰਘ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਖੇਡ ਮੰਤਰੀ ਨੇ ਪੈਰਿਸ ਓਲੰਪਿਕ ਲਈ ਕੁਆਲੀਫਾਈ ਹੋਏ ਇਸ ਪਹਿਲੇ ਭਾਰਤੀ ਅਥਲੀਟ ਦਾ ਕੀਤਾ ਸਨਮਾਨ ਕੀਤਾ।

ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਖਿਡਾਰੀਆਂ ਨੂੰ ਮਾਣ ਸਨਮਾਨ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਉਨ੍ਹਾਂ ਨੇ ਅਕਸ਼ਦੀਪ ਸਿੰਘ ਨੂੰ ਪੰਜਾਬ ਸਰਕਾਰ ਤਰਫੋਂ ਹਰ ਤਰ੍ਹਾਂ ਦੀ ਮਦਦ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਰਾਂਚੀ ਵਿਖੇ ਨੈਸ਼ਨਲ ਵਾਕਿੰਗ ਚੈਂਪੀਅਨਸ਼ਿਪ ਵਿੱਚ ਅਕਸ਼ਦੀਪ ਸਿੰਘ ਨੇ 20 ਕਿਲੋਮੀਟਰ ਪੈਦਲ ਤੋਰ ਵਿੱਚ 1.19.55 ਸਮੇਂ ਦੇ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਇਆ ਸੀ। 

ਇਹ ਵੀ ਪੜ੍ਹੋ : ਅਸ਼ਵਿਨ ਨੇ ਆਸਟ੍ਰੇਲੀਆ ਖ਼ਿਲਾਫ਼ 100 ਟੈਸਟ ਵਿਕਟਾਂ ਕੀਤੀਆਂ ਪੂਰੀਆਂ

ਅਕਸ਼ਦੀਪ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਹੋਣ ਵਾਲਾ ਪਹਿਲਾ ਭਾਰਤੀ ਅਥਲੀਟ ਤੇ ਓਵਰ ਆਲ ਚੌਥਾ ਖਿਡਾਰੀ ਬਣਿਆ ਹੈ। ਇਸ ਮੌਕੇ ਉਨਾਂ ਕਿਹਾ ਕਿ ਅਕਸ਼ਦੀਪ ਸਿੰਘ ਦੀ ਇਸ ਪ੍ਰਾਪਤੀ 'ਤੇ ਦੇਸ਼ ਤੇ ਪੰਜਾਬ ਨੂੰ ਬਹੁਤ ਮਾਣ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਅਕਸ਼ਦੀਪ ਸਿੰਘ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਅਕਸ਼ ਓਲੰਪਿਕ 'ਚੋਂ ਭਾਰਤ ਲਈ ਤਮਗਾ ਜਿੱਤ ਕੇ ਆਪਣੇ ਮਾਤਾ-ਪਿਤਾ, ਪੰਜਾਬ ਤੇ ਦੇਸ਼ ਦਾ ਨਾਂ ਰੌਸ਼ਨ ਕਰੇਗਾ।

ਅਕਸ਼ਦੀਪ ਸਿੰਘ ਨੂੰ ਪੈਰਿਸ ਓਲੰਪਿਕ ਦੀ ਤਿਆਰੀ ਲਈ 5 ਲੱਖ ਰੁਪਏ ਦਾ ਚੈੱਕ ਦਿੰਦੇ ਹੋਏ ਮੀਤ ਹੇਅਰ ਨੇ ਕਿਹਾ ਕਿ ਅਕਸਰ ਓਲੰਪਿਕ 'ਚ ਤਮਗੇ ਜਿੱਤਣ 'ਤੇ ਖਿਡਾਰੀਆਂ ਨੂੰ ਨਕਦ ਇਨਾਮ ਦਿੱਤਾ ਜਾਂਦਾ ਹੈ। ਪਰ ਸਾਡੀ ਸਰਕਾਰ ਨੇ ਅਕਸ਼ਦੀਪ ਸਿੰਘ ਨੂੰ ਪੈਰਿਸ ਓਲੰਪਿਕ ਤਿਆਰੀ ਲਈ 5 ਲੱਖ ਰੁਪਏ ਦੇਣ ਦਾ ਫੈਸਲਾ ਕੀਤਾ ਹੈ ਜੋ ਅਕਸ਼ ਦੀ ਓਲੰਪਿਕ ਲਈ ਤਿਆਰੀ 'ਚ ਕੋਈ ਕਮੀ ਨਾ ਰਹਿ ਜਾਵੇ। ਇਸ ਮੌਕੇ ਅਕਸ਼ ਨੇ ਓਲੰਪਿਕ ਦੀ ਤਿਆਰੀ ਲਈ ਪੰਜਾਬ ਸਰਕਾਰ ਤੋਂ ਮਿਲੀ ਧਨਰਾਸ਼ੀ 'ਤੇ ਸਰਕਾਰ ਦਾ ਧੰਨਵਾਦ ਕੀਤਾ। 23 ਵਰ੍ਹਿਆਂ ਦਾ ਅਕਸ਼ਦੀਪ ਸਿੰਘ ਬਰਨਾਲਾ ਜ਼ਿਲੇ ਦੇ ਪਿੰਡ ਕਾਹਨੇਕੇ ਦਾ ਰਹਿਣ ਵਾਲਾ ਹੈ।ਅਕਸ਼ਦੀਪ ਸਿੰਘ ਦੇ ਨਾਲ ਉਸ ਦੇ ਕੋਚ ਗੁਰਦੇਵ ਸਿੰਘ ਵੀ ਮੌਜੂਦ ਸਨ। ਇਸ ਮੌਕੇ ਖੇਡ ਡਾਇਰੈਕਟਰ ਅਮਿਤ ਤਲਵਾੜ ਵੀ ਹਾਜ਼ਰ ਸਨ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


author

Tarsem Singh

Content Editor

Related News