ਤੇਲੰਗਾਨਾ ''ਚ ਖਿਡਾਰੀਆਂ ਨੂੰ ਸਰਕਾਰੀ ਨੌਕਰੀ ''ਚ ਮਿਲੇਗਾ 2 ਫੀਸਦੀ ਕੋਟਾ

04/22/2018 3:45:16 AM

ਹੈਦਰਾਬਾਦ— ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਸ਼ਨੀਵਾਰ ਨੂੰ ਸੂਬੇ 'ਚ ਸਰਕਾਰੀ ਨੌਕਰੀਆਂ ਵਿਚ ਖਿਡਾਰੀਆਂ ਨੂੰ 2 ਫੀਸਦੀ ਕੋਟਾ ਦੇਣ ਦਾ ਐਲਾਨ ਕੀਤਾ। ਰਾਓ ਨੇ ਇਹ ਐਲਾਨ ਰਾਸ਼ਟਰਮੰਡਲ ਖੇਡਾਂ 'ਚ ਹਿੱਸਾ ਲੈਣ ਲਈ ਗੋਲਡ ਕੋਸਟ ਗਏ ਸੂਬੇ ਦੇ 18 ਖਿਡਾਰੀਆਂ ਨੂੰ ਮਿਲਣ ਤੋਂ ਬਾਅਦ ਕੀਤਾ। 
ਸੂਬੇ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੌਜੂਦਾ ਸਮੇਂ ਵਿਚ ਸਿੱਖਿਆ ਸੰਸਥਾਵਾਂ ਵਿਚ ਖਿਡਾਰੀਆਂ ਨੂੰ 2 ਫੀਸਦੀ ਰਾਖਵਾਂਕਰਨ ਦਿੱਤਾ ਜਾਂਦਾ ਹੈ। ਅਧਿਕਾਰੀ ਨੇ ਦੱਸਿਆ ਕਿ ਸਰਕਾਰੀ ਨੌਕਰੀਆਂ 'ਚ ਖਿਡਾਰੀਆਂ ਨੂੰ 2 ਫੀਸਦੀ ਰਾਖਵਾਂਕਰਨ ਦਿੱਤੇ ਜਾਣ ਸਬੰਧੀ ਫਾਈਲ ਮੁੱਖ ਮੰਤਰੀ ਕੋਲ ਹੈ, ਮਨਜ਼ੂਰੀ ਮਿਲਣ ਤੋਂ ਬਾਅਦ ਇਸ ਨੂੰ ਲਾਗੂ ਕਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਵਾਲੇ ਖਿਡਾਰੀਆਂ ਵਿਚ ਬੈਡਮਿੰਟਨ ਕੋਚ ਪੁਲੇਲਾ ਗੋਪੀਚੰਦ ਤੇ ਰਾਸ਼ਟਰਮੰਡਲ ਖੇਡਾਂ ਦੀ ਸੋਨ ਤਮਗਾ ਜੇਤੂ ਸਾਇਨਾ ਨੇਹਵਾਲ ਤੋਂ ਇਲਾਵਾ ਹੋਰ ਤਮਗਾ ਜੇਤੂ ਕਿਦਾਂਬੀ ਸ਼੍ਰੀਕਾਂਤ, ਸਾਤਵਿਕ ਸਾਈਰਾਜ ਰੈਂਕੀਰੈੱਡੀ, ਐੱਨ. ਸਿੱਕੀ ਰੈੱਡੀ ਸ਼ਾਮਲ ਸਨ।