‘ਖੇਡਾਂ ਵਤਨ ਪੰਜਾਬ ਦੀਆਂ’ ਦਾ ਮਸ਼ਾਲ ਮਾਰਚ ਗੁਰਦਾਸਪੁਰ ਵਿਖੇ ਪਹੁੰਚਿਆ

Thursday, Aug 24, 2023 - 06:31 PM (IST)

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਮਸ਼ਾਲ ਮਾਰਚ ਗੁਰਦਾਸਪੁਰ ਵਿਖੇ ਪਹੁੰਚਿਆ

ਗੁਰਦਾਸਪੁਰ (ਵਿਨੋਦ)- ਸਿਹਤਮੰਦ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਸੂਬੇ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਮੰਤਵ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿੱਚ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆ’ ਸੀਜ਼ਨ-2 ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕੱਢੇ ਜਾ ਰਹੇ ਮਸ਼ਾਲ ਮਾਰਚ ਦਾ ਅੱਜ ਗੁਰਦਾਸਪੁਰ ਪਹੁੰਚਣ ’ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਜ਼ਿਲਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ, ਸ਼ਮਸ਼ੇਰ ਸਿੰਘ, ਜ਼ਿਲਾ ਖੇਡ ਅਫ਼ਸਰ ਸ. ਸਿਮਰਨਜੀਤ ਸਿੰਘ ਤੋਂ ਇਲਾਵਾ ਕੋਚ ਸਾਹਿਬਾਨ ਅਤੇ ਖਿਡਾਰੀ ਵੀ ਹਾਜ਼ਰ ਸਨ।

ਮਸ਼ਾਲ ਮਾਰਚ ਵਿੱਚ ਹਿੱਸਾ ਲੈ ਰਹੇ ਸਮੂਹ ਖੇਡ ਪ੍ਰੇਮੀਆਂ, ਖਿਡਾਰੀਆਂ ਅਤੇ ਕੋਚਾਂ ਦਾ ਜਿਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ ਸਵਾਗਤ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਹ ਮਸ਼ਾਲ ਮਾਰਚ ਨੌਜਵਾਨਾਂ ਨੂੰ ਖੇਡਾਂ ਵਤਨ ਪੰਜਾਬ ਦੀਆਂ ਨਾਲ ਜੋੜਨ ਵਿੱਚ ਸਫਲ ਹੋਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਬਲਾਕ, ਜ਼ਿਲਾ ਅਤੇ ਰਾਜ ਪੱਧਰ ਤੱਕ ਖੇਡਾਂ ਕਰਵਾਈਆਂ ਜਾਣਗੀਆਂ ਅਤੇ ਖਿਡਾਰੀਆਂ ਨੂੰ ਨਕਦ ਇਨਾਮ ਵੀ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ “ਖੇਡਾਂ ਵਤਨ ਪੰਜਾਬ ਦੀਆਂ” ਦੇ ਤਹਿਤ ਕੱਢੇ ਜਾ ਰਹੇ ਮਸ਼ਾਲ ਮਾਰਚ ਦੀ ਸ਼ੁਰੂਆਤ 22 ਅਗਸਤ ਨੂੰ ਜ਼ਿਲਾ ਲੁਧਿਆਣਾ ਤੋਂ ਹੋਈ ਹੈ ਅਤੇ ਇਹ ਮਸ਼ਾਲ ਪੂਰੇ ਪੰਜਾਬ ਵਿੱਚ ਮਾਰਚ ਕਰਨ ਤੋਂ ਬਾਅਦ ਬਠਿੰਡਾ ਵਿਖੇ 29 ਅਗਸਤ ਨੂੰ ਪਹੁੰਚੇਗੀ, ਜਿੱਥੇ ਖੇਡਾਂ ਦੇ ਦੂਜੇ ਸੀਜ਼ਨ ਦਾ ਉਦਘਾਟਨ ਹੋਵੇਗਾ।

ਇਹ ਵੀ ਪੜ੍ਹੋ : ਯੂਨਾਈਟਿਡ ਵਰਲਡ ਰੈਸਲਿੰਗ ਫੈਡਰੇਸ਼ਨ ਦਾ ਵੱਡਾ ਫੈਸਲਾ, ਭਾਰਤੀ ਝੰਡੇ ਹੇਠ ਨਹੀਂ ਖੇਡ ਸਕਣਗੇ ਪਹਿਲਵਾਨ

ਇਸ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਪਿਛਲੇ ਸਾਲ ਤੋਂ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਜਵਾਨੀ ਖੇਡਾਂ ਨਾਲ ਜੁੜ ਕੇ ਨਸ਼ਿਆਂ ਤੋਂ ਦੂਰ ਰਹੇਗੀ ਅਤੇ ਪੰਜਾਬ ਇੱਕ ਵਾਰ ਫਿਰ ਹੱਸਦਾ-ਵੱਸਦਾ, ਖੇਡਦਾ ਤੇ ਰੰਗਲਾ ਪੰਜਾਬ ਬਣ ਸਕੇਗਾ। ਉਨ੍ਹਾਂ ਮਾਨ ਸਰਕਾਰ ਨੂੰ ਇਸ ਉਪਰਾਲੇ ਲਈ ਵਧਾਈ ਦਿੱਤੀ। 

ਇਸ ਮੌਕੇ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਮਸ਼ਾਲ ਯਾਤਰਾ ਦਾ ਸਵਾਗਤ ਕਰਦਿਆਂ ਕਿਹਾ ਕਿ ਰਾਜ ਸਰਕਾਰ ਦਾ ਖੇਡਾਂ ਵਤਨ ਪੰਜਾਬ ਦੀਆਂ ਨੇ ਸੂਬੇ ਵਿੱਚ ਇੱਕ ਵਾਰ ਫਿਰ ਖੇਡਾਂ ਦਾ ਮਹੌਲ ਸਿਰਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਖੇਡਾਂ ਵਿੱਚ ਬਹੁਤ ਕਾਬਲੀਅਤ ਰੱਖਦੇ ਹਨ ਬੱਸ ਉਨ੍ਹਾਂ ਨੂੰ ਸਹੀ ਪਲੇਟਫਾਰਮ ਦੀ ਲੋੜ ਸੀ ਜੋ ਮਾਨ ਸਰਕਾਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਮਹੁੱਈਆ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਇਹ ਖੇਡਾਂ ਸੂਬੇ ਵਿੱਚ ਖਿਡਾਰੀਆਂ ਦੀ ਨਵੀਂ ਪਨੀਰੀ ਤਿਆਰ ਕਰਨਗੀਆਂ ਜੋ ਅੱਗੇ ਜਾ ਕੇ ਉਲੰਪਿਕਸ ਤੱਕ ਆਪਣੇ ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ।

ਇਹ ਵੀ ਪੜ੍ਹੋ : ਏਸ਼ੀਆ ਕੱਪ ਤੋਂ ਪਹਿਲਾਂ ਪੂਰੀ ਤਿਆਰੀ 'ਚ ਵਿਰਾਟ ਕੋਹਲੀ, ਸਾਂਝਾ ਕੀਤਾ ਯੋ-ਯੋ ਟੈਸਟ ਦਾ ਸਕੋਰ

ਇਸ ਉਪਰੰਤ ਮਸ਼ਾਲ ਮਾਰਚ ਨੂੰ ਪਠਾਨਕੋਟ ਵੱਲ ਰਵਾਨਾ ਕੀਤਾ ਗਿਆ ਜਿਥੋਂ ਉਹ 24 ਅਗਸਤ ਸ਼ਾਮ ਨੂੰ ਹੁਸ਼ਿਆਰਪੁਰ, 25 ਅਗਸਤ ਨੂੰ ਜਲੰਧਰ ਤੇ ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ ਤੇ ਰੂਪਨਗਰ, 26 ਅਗਸਤ ਨੂੰ ਐਸ. ਏ. ਐਸ. ਨਗਰ, ਫਤਹਿਗੜ੍ਹ ਸਾਹਿਬ ਤੇ ਮਾਲੇਰਕੋਟਲਾ, 27 ਅਗਸਤ ਨੂੰ ਪਟਿਆਲਾ, ਸੰਗਰੂਰ ਤੇ ਮਾਨਸਾ, 28 ਅਗਸਤ ਨੂੰ ਬਰਨਾਲਾ, ਫਰੀਦਕੋਟ ਤੇ ਫਾਜ਼ਿਲਕਾ ਅਤੇ 29 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਤੇ ਬਠਿੰਡਾ ਵਿਖੇ ਮਸ਼ਾਲ ਮਾਰਚ ਪਹੁੰਚੇਗੀ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਆਪਣੀ ਰਾਏ। 


author

Tarsem Singh

Content Editor

Related News