ਟੋਕੀਓ ਪੈਰਾਲੰਪਿਕ ਜੇਤੂਆਂ ਦਾ ਕੀਤਾ ਗਿਆ ਸਨਮਾਨ
Friday, Sep 10, 2021 - 05:25 PM (IST)
ਨਵੀਂ ਦਿੱਲੀ (ਯੂ. ਐੱਨ. ਆਈ.)-ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਵਰਿੰਦਰ ਕੁਮਾਰ ਨੇ ਸ਼ੁੱਕਰਵਾਰ ਕਿਹਾ ਕਿ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਵਿਕਾਸ ਅਤੇ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਚੁਣੌਤੀ ’ਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਡਾ. ਕੁਮਾਰ ਨੇ ਟੋਕੀਓ 2020 ਪੈਰਾਲੰਪਿਕ ਦੇ ਜੇਤੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਦਿਵਿਆਂਗ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ’ਚ ਲਿਆਉਣ ਦੀ ਹੈ। ਇਸ ਦੇ ਲਈ ਬਹੁਤ ਸਾਰੀਆਂ ਯੋਜਨਾਵਾਂ ਚੱਲ ਰਹੀਆਂ ਹਨ ਅਤੇ ਲੋੜ ਪੈਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਨ੍ਹਾਂ ’ਚ ਦਖਲ ਦਿੰਦੇ ਹਨ। ਉਨ੍ਹਾਂ ਕਿਹਾ ਕਿ ਵਿਕਲਾਂਗਾਂ ਦੀ ਭਲਾਈ ਲਈ ਸਰਕਾਰ ਨੇ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦੀ ਤਿਆਰੀ ਕਰ ਲਈ ਹੈ।
ਉਨ੍ਹਾਂ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਵੀ ਜ਼ਿਕਰ ਕੀਤਾ। ਇਸ ਮੌਕੇ ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਰਾਜ ਮੰਤਰੀ ਰਾਮਦਾਸ ਅਠਾਵਲੇ ਵੀ ਮੌਜੂਦ ਸਨ। ਡਾ. ਕੁਮਾਰ ਨੇ ਕਿਹਾ ਕਿ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਪਹਿਲੀ ਵਾਰ ਪੈਰਾਲੰਪਿਕ ਜੇਤੂਆਂ ਨੂੰ ਨਕਦ ਇਨਾਮ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ ਸੋਨ ਤਮਗੇ ਲਈ 10 ਲੱਖ ਰੁਪਏ, ਚਾਂਦੀ ਤਮਗੇ ਲਈ 8 ਲੱਖ ਰੁਪਏ ਅਤੇ ਕਾਂਸੀ ਤਮਗਾ ਜੇਤੂਆਂ ਲਈ 5 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ। ਨਕਦ ਇਨਾਮ ਸਿੱਧੇ ਖਿਡਾਰੀਆਂ ਦੇ ਬੈਂਕ ਖਾਤੇ ’ਚ ਟਰਾਂਸਫਰ ਕਰ ਦਿੱਤੇ ਜਾਣਗੇ। ਸਮਾਰੋਹ ’ਚ ਟੋਕੀਓ ਪੈਰਾਲੰਪਿਕ ਦੇ ਹੋਰ ਮੈਂਬਰਾਂ ਅਤੇ ਕੋਚਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਭਾਰਤੀ ਪੈਰਾਲੰਪਿਕ ਕਮੇਟੀ ਦੇ ਮੁੱਖ ਸਰਪ੍ਰਸਤ ਅਵਿਨਾਸ਼ ਰਾਏ ਖੰਨਾ, ਪ੍ਰਧਾਨ ਦੀਪਾ ਮਲਿਕ, ਜਨਰਲ ਸਕੱਤਰ ਗੁਰਸ਼ਰਨ ਸਿੰਘ ਅਤੇ ਵਿਕਲਾਂਗ ਅਧਿਕਾਰਤਾ ਵਿਭਾਗ ’ਚ ਸਕੱਤਰ ਅੰਜਲੀ ਭਵਰਾ ਅਤੇ ਹੋਰ ਸੀਨੀਅਰ ਸਮਾਰੋਹ ’ਚ ਹਾਜ਼ਰ ਸਨ।